Punjab Weather News: ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
Trending Photos
Punjab Weather News: ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜ਼ੋਰਦਾਰ ਪੈ ਰਹੀ ਠੰਡ ਦੇ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਹੁਣ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਰਕੇ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਅੱਜ ਸਵੇਰੇ ਸੰਘਣੀ ਧੁੰਦ ਪੈਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਵਾਹਨ ਚਾਲਕਾਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਵਿੱਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਵਾਹਨ ਚਾਲਕ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧਦੇ ਹੋਏ ਨਜ਼ਰ ਆਏ। ਪੰਜਾਬ ਵਿੱਚ ਹਵਾ ਗੁਣਵੱਤਾ ਸੂਚਕਾਂਕ ਕਾਫੀ ਖਰਾਬ ਦਰਜ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ।
ਚੰਡੀਗੜ੍ਹ ਵਿੱਚ ਹਵਾ ਦੀ ਗੁਣਵੱਤਾ ਕਾਫੀ ਖਰਾਬ ਚੱਲ ਰਹੀ ਹੈ ਸੈਕਟਰ-22 ਵਿੱਚ 353, ਸੈਕਟਰ-25 ਵਿੱਚ 362, ਸੈਕਟਰ 53 ਵਿੱਚ 346, ਅੰਮ੍ਰਿਤਸਰ ਵਿੱਚ 249, ਬਠਿੰਡਾ ਵਿੱਚ 138, ਜਲੰਧਰ ਵਿੱਚ 246, ਖੰਨਾ ਵਿੱਚ 225, ਲੁਧਿਆਣਾ ਵਿੱਚ 205, ਮੰਡੀ ਗੋਬਿੰਦਗੜ੍ਹ ਵਿੱਚ 218, ਪਟਿਆਲਾ ਵਿੱਚ 196, ਰੂਪਨਗਰ ਵਿੱਚ 257 ਉਤੇ ਹਵਾ ਗੁਣਵੱਤਾ ਸੂਚਕਾਂਕ ਪੁੱਜਿਆ ਹੋਇਆ ਹੈ।
ਇਸ ਦੌਰਾਨ ਜੇਕਰ ਗੱਲ ਦੇਸ਼ ਦੀ ਕੀਤੀ ਜਾਵੇ ਤਾਂ ਦੇਸ਼ ਭਰ 'ਚ ਠੰਡ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਅਤੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਨੂੰ ਸੰਘਣੀ ਧੁੰਦ ਨੇ ਢੱਕਣਾ ਸ਼ੁਰੂ ਕਰ ਦਿੱਤਾ ਹੈ। ਦੱਖਣੀ ਭਾਰਤ ਦੇ ਤਾਮਿਲਨਾਡੂ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ 'ਚ ਭਾਰੀ ਮੀਂਹ ਜਾਰੀ ਹੈ। ਜੰਮੂ-ਕਸ਼ਮੀਰ 'ਚ ਬਰਫ਼ਬਾਰੀ ਹੋ ਰਹੀ ਹੈ, ਜਦਕਿ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਜਲਦ ਹੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਹਵਾਈ ਮਾਰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਬਣ ਰਹੀ ਹੈ।
ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਦੱਖਣੀ ਤਾਮਿਲਨਾਡੂ ਦੇ ਨੇੜੇ ਸਮੁੰਦਰ ਵਿੱਚ ਇੱਕ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਸ ਤੋਂ ਇਲਾਵਾ ਉੱਤਰੀ ਅਫਗਾਨਿਸਤਾਨ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜੋ ਪਾਕਿਸਤਾਨ ਦੇ ਉਪਰਲੇ ਵਾਯੂਮੰਡਲ 'ਚ ਵੀ ਚੱਕਰਵਾਤ ਦਾ ਰੂਪ ਧਾਰਨ ਕਰ ਰਹੀ ਹੈ। ਇਸ ਕਾਰਨ ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧੇਗੀ।
ਅਗਲੇ 5 ਦਿਨਾਂ 'ਚ ਉੱਤਰ-ਪੱਛਮੀ ਭਾਰਤ ਦੇ ਘੱਟੋ-ਘੱਟ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੱਧ ਭਾਰਤ ਵਿੱਚ ਤਾਪਮਾਨ ਮੌਜੂਦਾ ਪੱਧਰ 'ਤੇ ਰਹੇਗਾ, ਜਦਕਿ ਪੂਰਬੀ ਭਾਰਤ 'ਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ।
IMD ਨੇ ਚਿਤਾਵਨੀ ਦਿੱਤੀ ਹੈ ਕਿ ਉੱਤਰਾਖੰਡ, ਪੰਜਾਬ, ਹਰਿਆਣਾ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਛੱਤੀਸਗੜ੍ਹ ਵਿੱਚ 20 ਨਵੰਬਰ ਤੱਕ ਸੰਘਣੀ ਧੁੰਦ ਬਣੀ ਰਹੇਗੀ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।