Jagdish Johal Arrested News: ਬਹੁ-ਕਰੋੜੀ ਮੁਆਵਜ਼ਾ ਘੁਟਾਲੇ 'ਚ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ
Advertisement
Article Detail0/zeephh/zeephh1788548

Jagdish Johal Arrested News: ਬਹੁ-ਕਰੋੜੀ ਮੁਆਵਜ਼ਾ ਘੁਟਾਲੇ 'ਚ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

Jagdish Johal Arrested News: ਪੰਜਾਬ ਵਿਜੀਲੈਂਸ ਬਿਊਰੋ ਨੇ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ ਬਹੁ-ਕਰੋੜੀ ਮੁਆਵਜ਼ੇ ਘਪਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। 

Jagdish Johal Arrested News: ਬਹੁ-ਕਰੋੜੀ ਮੁਆਵਜ਼ਾ ਘੁਟਾਲੇ 'ਚ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

Jagdish Johal Arrested News: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਵੀਰਵਾਰ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਵਿੱਚ ਇਹ 20ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸਏਐਸ ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕਵਾਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ 'ਚ ਇਹ ਘੁਟਾਲਾ ਹੋਇਆ ਸੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁੱਲਾਂਕਣ ਰਿਪੋਰਟ ਦੇ ਆਧਾਰ 'ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ 'ਚ ਅਹਿਮ ਭੂਮਿਕਾ ਨਿਭਾਈ ਸੀ।

ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਪਿਛਲੇ ਹਫ਼ਤੇ ਗਮਾਡਾ ਦੀ ਐਲਏਸੀ ਸ਼ਾਖਾ ਵਿੱਚ ਤਾਇਨਾਤ ਰਹੇ ਦੋ ਸੇਵਾਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਤੇ ਸੁਰਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੋਵੇਂ ਮੁਲਜ਼ਮ ਪਟਵਾਰੀਆਂ ਨੇ ਖੁਲਾਸਾ ਕੀਤਾ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁੱਲਾਂਕਣ ਰਿਪੋਰਟ ਵਿੱਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ।

ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁੱਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਉਨ੍ਹਾਂ ਉਪਰ ਦਬਾਅ ਪਾਇਆ। ਐਲਏਸੀ ਵਜੋਂ ਮੁਲਜ਼ਮ ਪੀਸੀਐਸ ਅਧਿਕਾਰੀ ਨੇ ਅਦਾਇਗੀਆਂ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਆਧਾਰ 'ਤੇ ਬਾਅਦ ਵਿੱਚ ਵੱਖ-ਵੱਖ ਲਾਭਪਾਤਰੀਆਂ ਨੂੰ ਲਗਭਗ 124 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐਲਏਸੀ ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀਆਈਐਸ ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰੇਗਾ ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਨ੍ਹਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 01.06.2021 ਨੂੰ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ, ਜਿਸ ਦੇ ਆਧਾਰ 'ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਪੀਸੀਐਸ ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾਂ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿੱਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸਨ।

ਇਸ ਤਰ੍ਹਾਂ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖ਼ਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੂਲਿੰਗ ਦਾ ਕੇਸ ਅਦਾਲਤ 'ਚ ਭੇਜਣ ਦੀ ਤਜਵੀਜ਼ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਵਿਰੁੱਧ ਜ਼ੁਬਾਨੀ, ਹਾਲਾਤੀ ਅਤੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਉਪਰੰਤ ਵਿਜੀਲੈਂਸ ਬਿਊਰੋ ਨੇ ਪੀਸੀਐਸ ਅਧਿਕਾਰੀ ਨੂੰ ਇਸ ਘੁਟਾਲਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਕੀਤੀ ਜਾ ਰਹੀ ਹੈ।

Trending news