Balluana Govt College: ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ
Advertisement
Article Detail0/zeephh/zeephh2545663

Balluana Govt College: ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

Balluana Govt College: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਆਜ਼ਾਦੀ ਦੇ 77 ਸਾਲਾਂ ਬਾਅਦ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੀ ਭਲਾਈ ਲਈ ਸਿੱਖਿਆ ਖੇਤਰ ਨੂੰ ਹੁਲਾਰਾ ਦੇਣਾ ਹੈ। 

Balluana Govt College: ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

Balluana Govt College: ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ ਸਰਕਾਰੀ ਕਾਲਜ ਪ੍ਰਾਪਤ ਹੋਇਆ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖੇਤਰ ਵਿੱਚ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਸਮਰਪਿਤ ਕੀਤਾ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਸ ਖੇਤਰ ਵਿੱਚ ਅਜਿਹੇ ਅਦਾਰੇ ਸਥਾਪਤ ਕਰਨ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਇਹ ਕਾਲਜ ਆਜ਼ਾਦੀ ਦੇ 77 ਸਾਲਾਂ ਬਾਅਦ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੀ ਭਲਾਈ ਲਈ ਸਿੱਖਿਆ ਖੇਤਰ ਨੂੰ ਹੁਲਾਰਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਸੂਬੇ ਦੇ ਇਸ ਪੇਂਡੂ ਖੇਤਰ ਵਿੱਚ ਸਿੱਖਿਆ ਦੀ ਘਾਟ ਨੂੰ ਦੂਰ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਅਕਾਲੀ ਆਗੂਆਂ 'ਤੇ ਨਿਸ਼ਾਨਾ ਬਿੰਨਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਲੰਮੀਆਂ-ਲੰਮੀਆਂ ਗੱਲਾਂ ਕਰਨ ਦੇ ਬਾਵਜੂਦ ਸੂਬੇ ਦੇ ਲੋਕਾਂ ਨੂੰ ਕੋਈ ਬਿਹਤਰ ਸਹੂਲਤ ਦੇਣ 'ਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੁਕਰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਇੰਨਾ ਸਾਹਸ ਹੈ ਕਿ ਉਹ ਵੀਹ ਸਾਲਾਂ ਦੀ ਕਿਸਮਤ ਦਾ ਫੈਸਲਾ ਸਿਰਫ ਵੀਹ ਮਿੰਟਾਂ ਵਿੱਚ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਸਿਆਸਤ ਦੇ ਕੇਂਦਰ 'ਤੇ ਲਿਆਉਣ ਦਾ ਸਿਹਰਾ 'ਆਪ' ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ‘ਤੇ ਕੰਮ ਕੀਤਾ ਹੈ, ਉੱਥੇ 'ਆਪ' ਨੇ ਇਨ੍ਹਾਂ ਖੇਤਰਾਂ ਨੂੰ ਪਹਿਲ ਦੇ ਕੇ ਸਿਆਸਤ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਉਣ ਦੇ ਉਦੇਸ਼ ਨਾਲ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੇ ਸਸ਼ਕਤੀਕਰਨ ਲਈ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ ਅਤੇ ਹੋਰ ਵੱਕਾਰੀ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਮਜ਼ਬੂਰੀ ਵਿੱਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਭੇਜਦੇ ਸਨ ਪਰ ਹੁਣ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਹੋਣ ਕਰਕੇ ਅਜਿਹਾ ਕਰਨਾ ਇਹ ਉਨ੍ਹਾਂ ਦੀ ਇੱਛਾ ਬਣ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 50,000 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਕਿਉਂਕਿ ਸੂਬੇ ਦੇ ਕਈ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਸਿਤ ਕੀਤੇ ਗਏ ਪਾਰਦਰਸ਼ੀ ਪ੍ਰਸਾਸ਼ਨ ਸਦਕਾ ਇਕੱਲੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਡੰਗਰ ਖੇੜਾ ਨੂੰ 700 ਨੌਕਰੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡ ਡੰਗਰ ਖੇੜਾ ਦਾ ਨਾਂ ਬਦਲ ਕੇ ਅਧਿਆਪਕ ਖੇੜਾ ਰੱਖਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ ਕਿਉਂਕਿ ਇਸ ਪ੍ਰਕਿਰਿਆ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੀ ਜ਼ਰੂਰਤ ਹੈ।

ਲੜਕੀਆਂ ਦੀ ਸਿੱਖਿਆ ਦੀ ਮਹੱਤਤਾ ਨੂੰ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਮਹਿਲਾ ਸਸ਼ਕਤੀਕਰਨ ਦਾ ਆਧਾਰ ਹੈ ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਇਸ ਕਾਲਜ ਲਈ ਅਧਿਆਪਕਾਂ ਦੀਆਂ 9 ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ 'ਤੇ ਵਧਾਉਣ ਦੀ ਯੋਜਨਾ ਉਲੀਕੀ ਗਈ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਾਲਜ ਖੇਤਰ ਦੀਆਂ ਲੜਕੀਆਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਇਹ ਵੀ ਗਰੰਟੀ ਦਿੱਤੀ ਕਿ ਅਬੋਹਰ ਵਿਖੇ ਉਦਘਾਟਨ ਕੀਤਾ ਗਿਆ ਪਾਣੀ ਅਤੇ ਸੀਵਰੇਜ ਪ੍ਰਾਜੈਕਟ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਲੋੜਾਂ ਦੀ ਪੂਰਤੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪ੍ਰਗਤੀ ਅਤੇ ਇੱਥੋਂ ਦੇ ਵਸਨੀਕਾਂ ਦੀ ਖੁਸ਼ਹਾਲੀ ਲਈ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਰਵਾਇਤੀ ਕਦਰਾਂ-ਕੀਮਤਾਂ ਦੀ ਸਾਂਭ-ਸੰਭਾਲ ਅਤੇ ਨੌਜਵਾਨ ਪੀੜ੍ਹੀ ਤੱਕ ਇਨ੍ਹਾਂ ਨੂੰ ਕਾਇਮ ਰੱਖਣ ਲਈ ਬਿਸ਼ਨੋਈ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਕਾਲਜ ਦੀ ਸਥਾਪਨਾ ਲਈ 10 ਏਕੜ ਜ਼ਮੀਨ ਦਾਨ ਕਰਨ ਲਈ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਲਗਭਗ 15.50 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਇਹ ਕਾਲਜ ਇਸ ਖੇਤਰ ਵਿੱਚ ਵਿਦਿਆ ਦਾ ਚਾਨਣ-ਮੁਨਾਰਾ ਬਣੇਗਾ। 
ਮੁੱਖ ਮੰਤਰੀ ਨੇ ਬੱਲੂਆਣਾ ਵਿਖੇ ਇੰਜਨੀਅਰ ਆਫ਼ ਨਹਿਰੀ ਡਵੀਜ਼ਨ ਦਾ ਦਫ਼ਤਰ ਬਰਕਰਾਰ ਰੱਖਣ ਦਾ ਵੀ ਐਲਾਨ ਕੀਤਾ।

ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੀ ਸੱਤਾ ਦੇ 1,000 ਦਿਨਾਂ ਵਿੱਚ ਹੀ 8,000 ਸਕੂਲਾਂ ਲਈ ਚਾਰਦੀਵਾਰੀ ਬਣਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਹ ਉਨ੍ਹਾਂ ਦੇ ਸਿੱਖਿਆ ਮਾਡਲ ਅਤੇ ਕ੍ਰਾਂਤੀ ਵਿੱਚ ਇਕ ਮਹੱਤਵਪੂਰਨ ਮੀਲ ਪੱਥਰ ਬਣ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 50,000 ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਰੋਜ਼ਾਨਾ 50 ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਉਨ੍ਹਾਂ ਬੱਲੂਆਣਾ ਹਲਕੇ ਦੇ ਸਕੂਲਾਂ ਲਈ 50 ਕਰੋੜ ਰੁਪਏ ਅਲਾਟ ਕਰਨ ਦਾ ਐਲਾਨ ਕੀਤਾ।

 

 

Trending news