Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਯੂਪੀ ਦੇ ਅਪਰਾਧੀ ਦੀ ਰੋਪੜ ਜੇਲ੍ਹ ਦੌਰਾਨ ਮਹਿਮਾਨ ਨਿਵਾਜ਼ੀ ਕਰਨ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਲਈ ਟਵੀਟ ਕੀਤਾ ਹੈ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਪਰਾਧੀ ਦੀ ਮਹਿਮਾਨ ਨਿਵਾਜ਼ੀ ਕਰਨ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਅਤੇ ਜਾਂਚ ਦੇ ਸੰਕੇਤ ਦਿੱਤੇ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਵਿੱਚ ਸੁੱਖ-ਸਹੂਲਤਾਂ ਦੇ ਕੇ ਰੱਖਿਆ ਗਿਆ ਸੀ। 48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ ਗਿਆ। ਮਹਿੰਗੇ ਵਕੀਲ ਕੀਤੇ ਅਤੇ 55 ਲੱਖ ਰੁਪਏ ਖ਼ਰਚੇ। ਮੈਂ ਲੋਕਾਂ ਦੇ ਟੈਕਸ ਵਿਚੋਂ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ। ਜਿਹੜੇ ਮੰਤਰੀਆਂ ਦੇ ਹੁਕਮਾਂ ਉਤੇ ਇਹ ਫੈਸਲਾ ਹੋਇਆ ਖਰਚਾ ਉਨ੍ਹਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਈ ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਸੀ ਕਿ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਤੱਕ ਦੋ ਸਾਲ ਤੇ ਤਿੰਨ ਮਹੀਨੇ ਰੋਪੜ ਦੀ ਜੇਲ੍ਹ ਵਿੱਚ ਰਿਹਾ। ਉਸ ਸਮੇਂ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ। ਏਡੀਜੀਪੀ ਰੈਂਕ ਦੇ ਅਧਿਕਾਰੀ ਵੱਲੋਂ ਕਰਵਾਈ ਜਾਂਚ ਵਿੱਚ ਕੁਝ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕਥਿਤ ਤੌਰ ’ਤੇ ਰਿਸ਼ਵਤ ਲੈਣ ਤੇ ਰੋਪੜ ਜੇਲ੍ਹ 'ਚ ਰੱਖਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਲ ਜਾਂਚ ਦੇ ਹੁਕਮ ਦਿੱਤੇ ਸਨ। ਮਾਨ ਨੇ ਅੱਜ ਕਿਹਾ ਕਿ ਉਸ ਖ਼ਿਲਾਫ਼ 48 ਵਾਰ ਵਾਰੰਟ ਜਾਰੀ ਕੀਤੇ ਗਏ ਸਨ ਤਾਂ ਜੋ ਉਸ ਨੂੰ ਉੱਤਰ ਪ੍ਰਦੇਸ਼ ਭੇਜਿਆ ਜਾ ਸਕੇ ਪਰ ਕੋਈ ਫਾਇਦਾ ਨਹੀਂ ਹੋਇਆ।
ਕਾਬਿਲੇਗੌਰ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਦਰਮਿਆਨ ਪੰਜਾਬ ਦੀ ਰੋਪੜ ਜੇਲ੍ਹ 'ਚ ਬੰਦ ਸੀ। ਇਸ ਦੌਰਾਨ ਉੱਤਰ ਪ੍ਰਦੇਸ਼ ਪੁਲfਸ ਉਸ ਨੂੰ ਯੂਪੀ ਜੇਲ੍ਹ ਲਿਜਾਣਾ ਚਾਹੁੰਦੀ ਸੀ, ਜਿਸ ਲਈ ਯੂਪੀ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ 25 ਰਿਮਾਈਂਡਰ ਵੀ ਭੇਜੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਅੰਸਾਰੀ ਨੂੰ ਯੂਪੀ ਪੁਲਿਸ ਦੇ ਹਵਾਲੇ ਨਹੀਂ ਕੀਤਾ ਗਿਆ। ਇਸ ਮਗਰੋਂ ਉੱਤਰ ਪ੍ਰਦੇਸ਼ ਪੁਲਿਸ ਸੁਪਰੀਮ ਕੋਰਟ ਪੁੱਜ ਗਈ ਸੀ।
ਜਦੋਂ ਇਹ ਕੇਸ ਸੁਪਰੀਮ ਕੋਰਟ ਪੁੱਜਿਆ ਤਾਂ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਲਈ 11 ਲੱਖ ਪ੍ਰਤੀ ਪੇਸ਼ੀ ਦੇ ਹਿਸਾਬ ਨਾਲ ਇੱਕ ਮਸ਼ਹੂਰ ਵਕੀਲ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਵਕੀਲਾਂ ਵੱਲੋਂ 5 ਵਾਰ ਸੁਪਰੀਮ ਕੋਰਟ ਵਿੱਚ ਪੇਸ਼ ਹੋ ਕੇ ਅੰਸਾਰੀ ਦੇ ਹੱਕ 'ਚ ਕਾਨੂੰਨੀ ਲੜਾਈ ਲੜੀ ਗਈ, ਹਾਲਾਂਕਿ ਇਸ 'ਚ ਸਰਕਾਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉੱਤਰ ਪ੍ਰਦੇਸ਼ ਪੁਲਿਸ ਆਪਣਾ ਮਜ਼ਬੂਤ ਪੱਖ ਪੇਸ਼ ਕਰਨ 'ਚ ਕਾਮਯਾਬ ਰਹੀ। ਅਪ੍ਰੈਲ 2021 'ਚ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab News: ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਆਪਣੇ ਵਾਲ ਕੀਤੇ ਦਾਨ, ਪਿਛਲੇ ਮਹੀਨੇ ਹੋਈ ਸੀ ਕੈਂਸਰ ਦੀ ਸਰਜਰੀ
ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਉਹ ਪਹਿਲਾਂ ਵੀ ਜਾਂਚ ਟੀਮ ਨੂੰ ਹਰ ਤੱਥ ਤੋਂ ਜਾਣੂ ਕਰਵਾ ਚੁੱਕੇ ਹਨ ਪਰ ਜੇ ਫਿਰ ਵੀ ਲੋੜ ਪਈ ਤਾਂ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਨ੍ਹਾਂ ਨੇ ਦੱਸਿਆ ਕਿ ਜੇਲ੍ਹ ਮੰਤਰੀ ਹੁੰਦਿਆਂ ਉਨ੍ਹਾਂ ਦੀ ਜ਼ਿੰਮੇਵਾਰੀ ਸਿਰਫ ਜੇਲ੍ਹ ਅੰਦਰ ਆਏ ਕੈਦੀਆਂ ਨੂੰ ਸੰਭਾਲਣ ਦੀ ਸੀ, ਕਿਸੇ ਵੀ ਕੈਦੀ ਨਾਲ ਜੁੜੇ ਅਦਾਲਤੀ ਖ਼ਰਚੇ ਜਾਂ ਹੋਰ ਫ਼ੈਸਲਿਆਂ ਦਾ ਅਧਿਕਾਰ ਗ੍ਰਹਿ ਵਿਭਾਗ ਕੋਲ ਹੁੰਦਾ ਹੈ ਤੇ ਉਸ ਵੇਲੇ ਗ੍ਰਹਿ ਮਹਿਕਮਾ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ।
ਇਹ ਵੀ ਪੜ੍ਹੋ : Amritpal Singh News : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਪੁੱਛਗਿੱਛ ਸ਼ੁਰੂ