Amritpal on his Mother: ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਬਿਆਨ ਦਿੱਤਾ ਸੀ ਕਿ ਉਸ ਨੇ ਸੰਵਿਧਾਨ ਦੇ ਦਾਇਰੇ 'ਚ ਰਹਿ ਕੇ ਚੋਣ ਲੜੀ ਸੀ ਤੇ ਉਹ ਖਾਲਿਸਤਾਨ ਸਮਰਥਕ ਨਹੀਂ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਖ਼ਾਲਿਸਤਾਨ ਸਮਰਥਨ ਨਹੀਂ।
Trending Photos
Amritpal on his Mother (ਨਕੁਲ ਅਰੋੜਾ): ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਮਾਤਾ ਵੱਲੋਂ ਖਾਲਿਸਤਾਨ ਸਮਰਥਕ ਵਾਲੇ ਬਿਆਨ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਹੈ। ਅੰਮ੍ਰਿਤਪਾਲ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰਦਿਆਂ ਹੋਇਆ ਲਿਖਿਆ ਹੈ ਕਿ ਉਹ ਪੰਥ ਅਤੇ ਪਰਿਵਾਰ 'ਚੋਂ ਪੰਥ ਦੀ ਚੋਣ ਕਰਨਗੇ। ਉਨ੍ਹਾਂ ਲਿਖਿਆ ਕਿ ਅੱਜ ਜਦੋਂ ਮੈਨੂੰ ਮਾਂ ਵੱਲੋਂ ਕੱਲ੍ਹ ਦਿੱਤੇ ਬਿਆਨ ਬਾਰੇ ਪਤਾ ਲੱਗਾ ਤਾਂ ਮੈਨੂੰ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਵੱਲੋਂ ਅਜਿਹਾ ਬਿਆਨ ਨਹੀਂ ਆਉਣਾ ਚਾਹੀਦਾ ਸੀ।
ਅੰਮ੍ਰਿਤਪਾਲ ਸਿੰਘ ਵੱਲੋਂ ਐਕਸ 'ਤੇ ਪੋਸਟ
ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ। ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ ,ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਕਿਸੇ ਵੀ ਉਸ ਸ਼ਖਸ ਵੱਲੋਂ ਜੋ ਮੇਰੀ ਹਮਾਇਤ ਕਰਦਾ ਹੈ ਉਸ ਵੱਲੋਂ ਨਹੀਂ ਆਉਣਾ ਚਾਹੀਦਾ।
ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ ,ਸਗੋਂ ਮਾਣ ਵਾਲੀ ਗੱਲ ਹੈ ।ਜਿਸ ਸੁਪਨੇ ਦੀ ਪੂਰਤੀ ਲਈ ਲੱਖਾਂ ਸਿੱਖਾਂ ਨੇ ਸ਼ਹੀਦੀ ਦਿੱਤੀ ਹੋਵੇ ,ਉਸ ਮਾਰਗ ਤੋਂ ਪਿੱਛੇ ਹਟ ਜਾਣ ਬਾਰੇ ਅਸੀਂ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਮੈਂ ਬਹੁਤ ਵਾਰ ਸਟੇਜਾਂ ਤੋਂ ਬੋਲਦਿਆਂ ਇਹ ਗੱਲ ਕਹੀ ਹੈ ਕਿ ਜੇ ਮੈਨੂੰ ਪੰਥ ਤੇ ਪਰਿਵਾਰ ਵਿੱਚੋਂ ਚੁਣਨਾ ਪਿਆ ਤਾਂ ਮੈਂ ਹਮੇਸ਼ਾ ਪੰਥ ਦੀ ਚੋਣ ਕਰਾਂਗਾ।
ਇਸ ਗੱਲ ਤੇ ਇਤਿਹਾਸ ਦਾ ਉਹ ਵਾਕਿਆ ਬਹੁਤ ਢੁਕਵਾਂ ਬੈਠਦਾ ਹੈ ਜਿੱਥੇ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਸੀ ਤਾਂ ਇੱਕ 14 ਕੁ ਸਾਲ ਦੇ ਨੌਜਵਾਨ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਇਹ ਗੱਲ ਕਹਿ ਦਿੱਤੀ ਕਿ ਇਹ ਨੌਜਵਾਨ ਸਿੱਖ ਨਹੀਂ ਤਾਂ ਉਸ ਨੌਜਵਾਨ ਨੇ ਅੱਗੋਂ ਇਹ ਗੱਲ ਕਹੀ ਕਿ ਜੇ ਇਹ ਔਰਤ ਇਹ ਕਹਿੰਦੀ ਹੈ ਕਿ ਮੈਂ ਗੁਰੂ ਦਾ ਸਿੱਖ ਨਹੀਂ ਤਾਂ ਮੈਂ ਇਹ ਗੱਲ ਬਿਆਨ ਕਰਦਾ ਹਾਂ ਕਿ ਇਹ ਮੇਰੀ ਮਾਂ ਨਹੀਂ ॥ਬੇਸ਼ੱਕ ਇਹ ਉਦਾਹਰਣ ਇਸ ਘਟਨਾ ਵਾਸਤੇ ਬੇਹੱਦ ਸਖਤ ਹੈ ,ਪਰ ਸਿਧਾਂਤਕ ਪੱਖ ਤੋਂ ਇਹ ਗੱਲ ਸਮਝਣ ਵਾਲੀ ਹੈ।
ਮੈਂ ਆਪਣੇ ਪਰਿਵਾਰ ਨੂੰ ਇਸ ਗੱਲ ਦੀ ਤਾੜਨਾ ਕਰਦਾ ਹਾਂ ਕਦੇ ਵੀ ਸਿੱਖ ਰਾਜ ਉੱਤੇ ਸਮਝੌਤਾ ਕਰਨ ਬਾਰੇ ਸੋਚਣਾ ਵੀ ਗਵਾਰਾ ਨਹੀਂ ਹੈ ਕਹਿਣਾ ਤਾਂ ਦੂਰ ਦੀ ਗੱਲ ਹੈ ਅਤੇ ਅੱਗੇ ਤੋਂ ਸੰਗਤੀ ਰੂਪ ਵਿੱਚ ਵਿਚਰਦਿਆਂ ਬੋਲਦਿਆਂ ਅਜਿਹੀ ਕੁਤਾਹੀ ਨਹੀਂ ਹੋਣੀ ਚਾਹੀਦੀ।
ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਦਿੱਤੀ ਸੀ ਬਿਆਨ
ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਬਿਆਨ ਦਿੱਤਾ ਸੀ ਕਿ ਉਸ ਨੇ ਸੰਵਿਧਾਨ ਦੇ ਦਾਇਰੇ 'ਚ ਰਹਿ ਕੇ ਚੋਣ ਲੜੀ ਸੀ ਤੇ ਉਹ ਖਾਲਿਸਤਾਨ ਸਮਰਥਕ ਨਹੀਂ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਖ਼ਾਲਿਸਤਾਨ ਸਮਰਥਨ ਨਹੀਂ। ਅੰਮ੍ਰਿਤਪਾਲ ਨੇ ਇਸੇ ਬਿਆਨ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਅਦ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਉਸ ਬਿਆਨ ਤੋਂ ਕਿਨਾਰਾ ਵੀ ਕਰ ਲਿਆ ਸੀ।
ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਸੰਸਦ ਹਲਫ਼ ਲੈਣ ਲਈ ਚਾਰ ਦਿਨ ਦੀ ਪੈਰੋਲ ਮਿਲੀ ਸੀ। ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਤੋਂ ਸਿੱਧਾ ਦਿੱਲੀ ਲਿਆਂਦਾ ਗਿਆ ਜਿੱਥੇ ਉਸ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ 'ਚ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੀ ਸਹੁੰ ਚੁੱਕਣ ਸਬੰਧੀ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਸੀ।