ਪੰਜਾਬ 'ਚ ਵੀ.ਆਈ.ਪੀਜ਼ ਦੀ ਸੁਰੱਖਿਆ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ।
Trending Photos
ਪਰਮਬੀਰ ਔਲਖ/ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪੁੱਜੇ। ਅੰਮ੍ਰਿਤਸਰ ਦੌਰੇ 'ਤੇ ਪਹੁੰਚੇ ਭਗਵੰਤ ਮਾਨ ਸ਼ਹਿਰ ਦੇ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਕਾਰਨ ਦਰਬਾਰ ਸਾਹਿਬ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਦੱਸ ਦਈਏ ਕਿ ਕੱਲ੍ਹ 6 ਜੂਨ ਘੱਲੂਘਾਰਾ ਦਿਵਸ ਹੈ। ਇਸ ਕਾਰਨ ਸ਼ਹਿਰ ਵਿੱਚ ਤਣਾਅ ਬਣਿਆ ਹੋਇਆ ਹੈ। ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਖੁਦ ਅੰਮ੍ਰਿਤਸਰ ਦਾ ਦੌਰਾ ਕਰਕੇ ਹਾਲਾਤਾਂ ਬਾਰੇ ਜਾਣਕਾਰੀ ਲਈ। ਅੰਮ੍ਰਿਤਸਰ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਪੰਜਾਬ 'ਚ ਵੀ.ਆਈ.ਪੀਜ਼ ਦੀ ਸੁਰੱਖਿਆ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇਹ ਮੁਲਾਕਾਤ ਇਸ ਲਈ ਖਾਸ ਮੰਨੀ ਜਾ ਰਹੀ ਹੈ ਕਿਉਂਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਵੀ ਪੰਜਾਬ 'ਚ ਵੀ.ਆਈ.ਪੀਜ਼ ਦੀ ਘਟਾਈ ਗਈ ਸੁਰੱਖਿਆ ਦੀ ਸੂਚੀ 'ਚ ਸੀ।
ਸੁਰੱਖਿਆ ਦੇ ਪੁਖਤਾ ਪ੍ਰਬੰਧ
ਘੱਲੂਘਾਰਾ ਦਿਵਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹਾ ਪੁਲੀਸ ਚੌਕਸ ਹੈ। ਥਾਂ-ਥਾਂ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਹਰ ਹੋਟਲ, ਸਰਾਵਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਭੀੜ ਵਾਲੀਆਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਸ਼ਹਿਰ ਦੇ ਕੋਨੇ-ਕੋਨੇ ਵਿੱਚ ਪੁਲੀਸ ਫੋਰਸ ਤਾਇਨਾਤ ਹੈ। 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਪੂਰਾ ਸ਼ਹਿਰ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਤਾਇਨਾਤ ਹਨ। ਪੁਲਿਸ ਨੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਹਰ ਰਸਤੇ 'ਤੇ ਨਾਕਾਬੰਦੀ ਕੀਤੀ ਹੋਈ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਵਾਹਨਾਂ ਨੂੰ ਹਰਿਮੰਦਰ ਸਾਹਿਬ ਵੱਲ ਜਾਣ ਦੀ ਮਨਾਹੀ ਹੈ। ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੀਆਂ ਗੱਡੀਆਂ ਨੂੰ ਹੀ ਹਰਿਮੰਦਰ ਸਾਹਿਬ ਜਾਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਹਰ ਆਉਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।