Punjab News: CM ਭਗਵੰਤ ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਬੋਲੇ- ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ
Advertisement
Article Detail0/zeephh/zeephh2419423

Punjab News: CM ਭਗਵੰਤ ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਬੋਲੇ- ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ

Punjab News: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

Punjab News: CM ਭਗਵੰਤ ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਬੋਲੇ- ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।

ਅੱਜ ਚੰਡੀਗੜ੍ਹ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ  ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਸੀਐਮ ਮਾਨ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ  ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।

 

 

 

Trending news