Jalandhar News: ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ।
Trending Photos
Jalandhar News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਪੰਜਾਬ ਪੁਲਿਸ ਅਕੈਡਮੀ (ਪੀ.ਪੀ.ਏ.), ਫਿਲੌਰ ਵਿਖੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਈ। ਇਹ ਗੱਡੀਆਂ ਪੰਜਾਬ ਦੇ ਸਮੂਹ ਥਾਣਾ ਇੰਚਾਰਜਾਂ ਨੂੰ ਦਿੱਤੀਆਂ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਜਲੰਧਰ ਨੂੰ 283 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸੌਗਾਤ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵਾਨ ਮਾਨ ਨੇ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੁਰੱਖਿਆ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ਉੱਤੇ ਵੀ ਨਿਸ਼ਾਨੇ ਸਾਧੇ ਅਤੇ ਬੋਲੇ ਪੰਜਾਬ ਨੂੰ ਦੋਵਾਂ ਪਾਰਟੀਆਂ ਨੇ ਲੁੱਟਿਆ ਅਤੇ ਕੁੱਟਿਆ।
ਵਿਰੋਧੀ ਧਿਰ 'ਤੇ ਨਿਸ਼ਾਨਾ
ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮੈਂ ਸੰਗਰੂਰ ਸੀਟ ਤੋਂ ਚੋਣ ਲੜਿਆ ਸੀ ਤਾਂ ਮੇਰਾ ਮਜ਼ਾਕ ਉਡਾਇਆ ਗਿਆ ਸੀ ਕਿ ਤੁਸੀਂ ਚੋਣ ਕਿਵੇਂ ਜਿੱਤ ਸਕਦੇ ਹੋ। ਅਕਾਲੀ ਦਲ ਦੇ ਆਗੂ ਮੇਰੇ 'ਤੇ ਹੱਸਦੇ ਸਨ, ਅੱਜ ਉਹ ਮੇਰੀ ਫੋਟੋ ਤੋਂ ਵੀ ਡਰਦੇ ਹਨ। ਲੋਕਾਂ ਨੇ ਵਿਰੋਧੀ ਧਿਰ ਨੂੰ ਘਰ ਬੈਠਾ ਦਿੱਤਾ। ਵਿਰਧੀਆਂ ਨੂੰ ਉਨ੍ਹਾਂ ਦੀ ਭਾਸ਼ਾ ਵਿੱਚ ਵੀ ਜਵਾਬ ਮਿਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਦਾ ਕੰਮ ਕੀਤਾ ਅਤੇ ਖਜ਼ਾਨਾ ਖਾਲੀ ਹੋਣ ਦਾ ਰੋਲਾ ਪਾਉਦੇ ਰਹੇ। ਅਸੀਂ ਪੰਜਾਬ ਦਾ ਪੈਸਾ ਪੰਜਾਬ ਦੇ ਲੋਕਾਂ ਤੇ ਲਗਾ ਰਹੇ ਹਾਂ, ਵਿਰੋਧੀ ਇਸ 'ਤੇ ਵੀ ਸਿਆਸਤ ਕਰ ਰਹੇ ਹਨ। ਜਿਨ੍ਹਾਂ ਨੇ ਵੀ ਖਜ਼ਾਨਾ ਲੁੱਟਿਆ ਹੈ ਉਨ੍ਹਾਂ ਦੇ ਖਿਲਾਫ ਸਰਕਾਰ ਜਲਦੀ ਹੀ ਕਾਰਵਾਈ ਕਰਨ ਜਾ ਰਹੀ ਹੈ। ਸਾਡੀ ਸਰਕਾਰ ਨੇ ਹੁਣ ਤੱਕ 11 ਹਜ਼ਾਰ ਏਕੜ ਤੋਂ ਵੱਧ ਜਮੀਨ ਲੀਡਰਾਂ ਦੀ ਦੱਬੀ ਹੋਈ ਛੁਡਵਾਈ ਹਨ, ਹੁਣ ਹੋਰ ਵੀ ਛੁਡਾਈਆਂ ਜਾਣਗੀਆਂ।
ਐਸਐਸਐਫ ਨੇ 200 ਤੋਂ ਵੱਧ ਜਾਨਾਂ ਬਚਾਈਆਂ
ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ।
ਹਾਦਸੇ ਰੋਕਣ ਲਈ ਫੋਰਸ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ।
ਪੁਲਿਸ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ।
ਮਹਿਲਾ ਥਾਣਿਆਂ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਹਰ ਸਾਲ ਪੁਲਿਸ ਦੀ ਭਰਤੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਅਤੇ ਨਸ਼ੇ ਤੋਂ ਦੂਰ ਰਹਿਣ।
ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
'ਗੁਲਦਸਤਾ’ ਸਮਾਗਮ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ।
ਸ਼ਹੀਦ ਪਰਿਵਾਰਾਂ ਦੀ ਸਹਾਇਤਾ
ਇਸ ਮੌਕੇ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਜਾਂਦੀ ਵਿੱਤੀ ਸਹਾਇਤਾ 1 ਕਰੋੜ ਦੇ ਚੈੱਕ ਦਿੱਤੇ।