Darbara Singh Guru: ਸਾਬਕਾ ਆਈਏਐਸ ਅਫਸਰ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਾਕਾਰ ਲਗਾਏ ਜਾਣ ਇਤਰਾਜ਼ ਜ਼ਾਹਿਰ ਕੀਤਾ ਗਿਆ ਹੈ।
Trending Photos
Darbara Singh Guru: 1986 ਸਾਕਾ ਨਕੋਦਰ ਦੇ ਦਾਗ਼ੀ ਸਾਬਕਾ ਆਈਏਐਸ ਅਫਸਰ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਾਕਾਰ ਲਗਾਏ ਜਾਣ ਉਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਹੈ।
ਇਸ ਸਾਕੇ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਲਿਤਰਾ ਦੇ ਮਾਤਾ-ਪਿਤਾ ਬਲਦੇਵ ਸਿੰਘ ਅਤੇ ਬਲਦੀਪ ਕੌਰ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ਦੇ ਜਥੇਦਾਰ ਭਾਈ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਅਕਾਲੀ ਲੀਡਰਸ਼ਿਪ ਨੂੰ ਅਜਿਹਾ ਕਦਮ ਪੁੱਟਣ ਤੋਂ ਰੋਕਿਆ ਜਾਵੇ। ਅਕਾਲੀ ਦਲ ਦੇ ਇਸ ਕਦਮ ਨਾਲ ਸਿੱਖ ਪਰਿਵਾਰਾਂ ਦੇ ਜ਼ਖਮ ਮੁੜ ਤੋਂ ਅੱਲੇ ਹੋ ਜਾਣਗੇ।
ਪਰਿਵਾਰ ਨੇ ਪੱਤਰ ਵਿੱਚ ਲਿਖਿਆ ਕਿ ਚਾਰ ਬੇਗੁਨਾਹ ਸਿੱਖ ਨੌਜਵਾਨਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ, ਭਾਈ ਝਿਲਮਣ ਸਿੰਘ ਗੋਰਸੀਆਂ ਅਤੇ ਭਾਈ ਹਰਮਿੰਦਰ ਸਿੰਘ ਚਲੂਪਰ ਨੂੰ 4 ਫਰਵਰੀ 1986 ਨੂੰ ਉਸ ਸਮੇਂ ਦੀ ਪੰਥਕ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਵਿਰੋਧ ਕਰਨ ਕਾਰਨ ਦਿਨ-ਦਿਹਾੜੇ ਛਾਤੀਆਂ ਵਿੰਨ੍ਹ ਕਿ ਸ਼ਹੀਦ ਕਰ ਦਿੱਤਾ।
ਉਨ੍ਹਾਂ ਦੇ ਪੋਸਟਮਾਰਟਮ ਵੀ ਅਜੋਕੇ ਪੰਥਕ ਆਗੂ ਅਤੇ ਉਸ ਸਮੇਂ ਦੀ ਐਕਟਿੰਗ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਦੇ ਹੁਕਮ ਉਤੇ ਕੀਤੇ ਗਏ, ਪਰਿਵਾਰਾਂ ਨੂੰ ਆਪਣੇ ਬੱਚਿਆਂ ਦੇ ਸ਼ਹੀਦੀ ਸਰੂਪ ਵੀ ਅੰਤਿਮ ਸਸਕਾਰ ਲਈ ਨਸੀਬ ਨਾ ਹੋਏ। ਉਸ ਸਮੇਂ ਦੇ ਐਸਐਸਪੀ ਪੀ ਮੁਹੰਮਦ ਇਜ਼ਹਾਰ ਆਲਮ ਜਿਸ ਦੀ ਦੇਖ-ਰੇਖ ਵਿੱਚ ਇਹ ਸਾਕਾ ਵਾਪਰਿਆ ਨੂੰ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਤੇ ਪੰਥਕ ਪਾਰਟੀ ਨੇ ਉਸ ਦੇ ਮਰਨ ਤੱਕ ਉਸ ਦੀ ਪੁਸ਼ਤਪਨਾਹੀ ਕੀਤੀ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਦਰਬਾਰਾ ਸਿੰਘ ਗੁਰੂ ਉਨ੍ਹਾਂ ਦੀ ਸਹਾਇਤਾ ਕਰਨਗੇ।
ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਹਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ। ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ।
ਜਦ ਕਿ 2019 ਦੀ ਲੋਕ ਸਭਾ ਚੋਣ ਵੀ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸਕੱਤਰ ਵੀ ਰਹਿ ਚੁੱਕੇ ਹਨ।