Nawanshahr Weather News: ਪੋਜੇਵਾਲ ਤੇ ਰਾਹੋਂ ਦੇ ਖੇਤਰ ਵਿੱਚ ਨਹਿਰਾਂ ਵਿੱਚ ਨਹਾਉਣ ਗਏ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਤੇਜ਼ ਪਾਣੀ ਦੇ ਵਹਾਅ ਕਾਰਨ ਨੌਜਵਾਨ ਰੁੜ ਗਏ ਤੇ ਉਨ੍ਹਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ।
Trending Photos
Nawanshahr Weather News: ਪ੍ਰਸ਼ਾਸਨ ਦੀ ਹਦਾਇਤਾਂ ਦੇ ਬਾਵਜੂਦ ਭਾਰੀ ਮੀਂਹ ਦਰਮਿਆਨ ਨੌਜਵਾਨ ਨਹਿਰਾਂ, ਸੂਏ ਤੇ ਚੋਅ ਵਿਚੋਂ ਨਹਾਉਣ ਤੋਂ ਬਾਜ ਨਹੀਂ ਰਹੇ। ਇਸ ਅਣਗਹਿਲੀ ਕਾਰਨ ਦੋ ਨੌਜਵਾਨਾਂ ਨੂੰ ਜਾਨ ਤੋਂ ਹੱਥ ਧੋਣਾ ਪਿਆ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸਐਸਪੀ ਭਾਗੀਰਥ ਮੀਣਾ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਉਤੇ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ।
ਉਨ੍ਹਾਂ ਨੇ ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ਉਤੇ ਪਹੁੰਚੇ ਐਨਡੀਆਰਐਫ ਦੀ ਟੀਮ ਦੇ ਅਧਿਕਾਰੀਆਂ ਦੇ ਨਾਲ ਵੀ ਮੁਲਾਕਾਤ ਕੀਤੀ ਅਤੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਬਚਾਅ ਕਾਰਜ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਨਵਾਂਸ਼ਹਿਰ ਚੰਡੀਗੜ੍ਹ ਰੋਡ ਉਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਗੜ੍ਹਸ਼ੰਕਰ ਬਾਈਪਾਸ ਚੌਕ ਵਿੱਚ ਸੜਕ ਨੂੰ ਪੁੱਟ ਕੇ ਜਮ੍ਹਾਂ ਹੋਏ ਪਾਣੀ ਨੂੰ ਕੱਢਿਆ ਜਾ ਰਿਹਾ ਹੈ ਤਾਂ ਜੋ ਸੜਕ ਦੇ ਨਾਲ ਜਿਹੜੀਆਂ ਨੀਵੀਂਆਂ ਥਾਵਾਂ ਉਤੇ ਪਾਣੀ ਇਕੱਠਾ ਹੋਇਆ ਹੈ ਜਲਦ ਨਿਕਲ ਸਕੇ। ਉਨ੍ਹਾਂ ਨੇ ਕਿਹਾ ਕਿ ਐਨਡੀਆਰਐਫ ਟੀਮ ਵੀ ਜ਼ਿਲ੍ਹੇ ਵਿੱਚ ਪਹੁੰਚ ਚੁੱਕੀ ਹੈ। ਇਸ ਟੀਮ ਦੀ ਜਿਹੜੇ ਇਲਾਕਿਆਂ ਵਿੱਚ ਲੋੜ ਹੋਵੇਗੀ ਉਥੇ ਇਹ ਟੀਮ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਟੀਮ ਦੇ ਨਾਲ ਦੋ ਮੋਟਰ ਬੋਟਸ ਵੀ ਮਿਲੀਆਂ ਹਨ।
ਜ਼ਰੂਰਤ ਪੈਣ ਉਤੇ ਇਨ੍ਹਾਂ ਦਾ ਵੀ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿੰਡ ਪੋਜੇਵਾਲ ਤੇ ਰਾਹੋਂ ਖੇਤਰ ਵਿੱਚ ਦੋ ਮੌਤਾਂ ਹੋਈਆਂ ਹਨ, ਜੋ ਕਿ ਅਣਗਹਿਲੀ ਨਾਲ ਪਾਣੀ ਵਿੱਚ ਨਹਾਉਣ ਦੀ ਕੋਸ਼ਿਸ਼ ਦੌਰਾਨ ਹੋਈਆਂ ਹਨ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਇਕੱਠੇ ਹੋਏ ਪਾਣੀ ਵਿੱਚ ਨਹਾਉਣ ਤੋਂ ਰੋਕਿਆ ਜਾਣਾ ਚਾਹੀਦਾ ਹੈ। ਕਈ ਵਾਰ ਤੇਜ਼ ਗਤੀ ਨਾਲ ਪਾਣੀ ਆਉਣ ਉਤੇ ਜਾਨੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਪਿੰਡ ਰੈਲ ਬਰਾਮਦ ਵਿਖੇ ਕੁਝ ਪਿੰਡ ਵਾਸੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਵਿੱਚ ਰਾਸ਼ਨ ਸਮੱਗਰੀ ਵੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕੁਦਰਤੀ ਆਫ਼ਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਦਰਿਆਵਾਂ, ਨਹਿਰਾਂ, ਚੋਆਂ ਤੇ ਨੀਵੇਂ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ।
ਇਸ ਉਪਰੰਤ ਉਨ੍ਹਾਂ ਨੇ ਪਿੰਡ ਮਹਾਲੋਂ ਰੇਲਵੇ ਫਲਾਈ ਓਵਰ, ਸਨਾਵਾ, ਜਾਡਲਾ, ਬਲਾਚੌਰ, ਕਾਠਗੜ੍ਹ, ਆਸਰੋਂ ਅਤੇ ਭੱਲਾ ਵਿਖੇ ਬਰਸਾਤ ਦੌਰਾਨ ਇਕੱਠੇ ਹੋਏ ਪਾਣੀ ਦੀ ਨਿਕਾਸੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਐਸਐਸਪੀ ਭਾਗੀਰਥ ਮੀਣਾ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਵੇਂ ਹੀ ਕੋਈ ਸੂਚਨਾ ਮਿਲਦੀ ਹੈ ਤਾਂ ਤੁਰੰਤ ਮੌਕੇ ਉਤੇ ਪਹੁੰਚ ਕੇ ਰਾਹਤ ਕਾਰਜ ਕੀਤੇ ਜਾਣ।
ਸਾਰੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਇਕ ਦੂਜੇ ਨਾਲ ਤਾਲਮੇਲ ਕਰਦੇ ਹੋਏ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ