Bathinda News: ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਕੀਤੀ ਅਪੀਲ
Advertisement
Article Detail0/zeephh/zeephh2434675

Bathinda News: ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਕੀਤੀ ਅਪੀਲ

Bathinda News: ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ।

 Bathinda News: ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਕੀਤੀ ਅਪੀਲ

Bathinda News: ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ। ਇਨ੍ਹਾਂ ਵੈਨਾਂ ਦੁਆਰਾ 1 ਹਫ਼ਤੇ ਵਿਚ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਇਹ ਵੈਨਾਂ 40 ਦਿਨ ਲਗਾਤਾਰ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣਾ, ਪਰਾਲੀ ਦੇ ਧੂੰਏ ਨਾਲ ਹੋਣ ਵਾਲੀਆਂ ਬਿਮਾਰੀਆਂ, ਪਰਾਲੀ ਦੀ ਸਾਂਭ-ਸੰਭਾਲ ਲਈ ਆਧੁਨਿਕ ਮਸ਼ੀਨਰੀ ਦੀ ਵਰਤੋਂ, ਆਧੁਨਿਕ ਤਰੀਕੇ ਨਾਲ ਪਰਾਲੀ ਦਾ ਯੋਗ ਪ੍ਰਬੰਧਨ ਆਦਿ ਬਾਰੇ ਜਾਗਰੂਕ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਚੁੱਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਹੀ ਸਾਡੀਆਂ ਫ਼ਸਲਾਂ ਲਈ ਜ਼ਮੀਨ ਵਿਚਲੇ ਲੋੜੀਂਦੇ ਜ਼ਰੂਰੀ ਤੱਤ ਵੀ ਨਸ਼ਟ ਹੋਣ ਦੇ ਨਾਲ-ਨਾਲ ਪਸ਼ੂ-ਪੰਛੀਆਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਆਧੁਨਿਕ ਤਕਨੀਕ ਦੀ ਮਸ਼ੀਨਰੀ ਵੀ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Trending news