Punjab News: ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਮੁੱਖ ਮੰਤਰੀ ਵੱਲੋਂ ਮਾਤਮੀ ਬਿਗਲ ਵਜਾਏ ਜਾਣ ਉਤੇ ਐਸਜੀਪੀਸੀ ਇਤਰਾਜ਼ ਜ਼ਾਹਿਰ ਕੀਤਾ ਹੈ।
Trending Photos
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦੱਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫ਼ੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ।
ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ਉਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿੱਚ ਯਾਦ ਕਰਕੇ ਸ਼ਕਤੀ ਤੇ ਅਗਵਾਈ ਪ੍ਰਾਪਤ ਕਰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮੀ ਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਭਗਵੰਤ ਮਾਨ ਦਾ ਫ਼ੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਧੁੰਦਲਾ ਕਰਨ ਵਾਲਾ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।
ਇਹ ਵੀ ਪੜ੍ਹੋ : Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ