Parneet Kaur News: ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਪਰਨੀਤ ਕੌਰ ਨੇ ਪਾਤੜਾਂ ਵਿੱਚ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ।
Trending Photos
Parneet Kaur News (ਸੱਤਪਾਲ ਗਰਗ): ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਪਰਨੀਤ ਕੌਰ ਨੇ ਪਾਤੜਾਂ ਵਿੱਚ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਥੇ ਪੈਲੇਸ ਵਿੱਚ ਬੂਥ ਪੱਧਰੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਪ੍ਰੋਗਰਾਮ ਵਿੱਚ ਪਹੁੰਚੀ ਪਰਨੀਤ ਕੌਰ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਧਿਰਾਂ ਵੱਲੋਂ ਦਿੱਤੇ ਸੱਦੇ ਤਹਿਤ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕੁਲ ਹਿੰਦ ਕਿਸਾਨ ਸਭਾ 1936 , ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੇ ਸੈਂਕੜੇ ਵਰਕਰਾਂ ਵੱਲੋਂ ਪਰਨੀਤ ਕੌਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਦੋਸ਼ ਲਗਾਏ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਬਜਾਏ ਕਿਸਾਨਾਂ ਦੇ ਜਖਮਾਂ ਉੱਤੇ ਲੂਣ ਛਿੜਕਣਾ ਸ਼ੁਰੂ ਕੀਤਾ ਹੈ। ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਆਪਣੀ ਗੱਡੀ ਹੇਠ ਕੁਚਲਣ ਵਾਲੇ ਅਜੇ ਮਿਸ਼ਰਾ ਟੈਨੀ ਨੂੰ ਸਜ਼ਾਵਾਂ ਦੇਣ ਦੀ ਬਜਾਏ ਟਿਕਟਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ।
ਇਸ ਦੌਰਾਨ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਸੁਖਦੇਵ ਸਿੰਘ ਹਰਿਆਊ ਅਮਰੀਕ ਸਿੰਘ ਘੱਗਾ ਸਾਹਿਬ ਸਿੰਘ ਦੁਤਾਲ, ਗੁਰਵਿੰਦਰ ਸਿੰਘ ਦੇਧਨਾ ਅਤੇ ਮਲਕੀਤ ਸਿੰਘ ਨਿਆਲ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਜਪਾ ਉਮੀਦਵਾਰਾਂ ਦਾ ਡਟਵਾਂ ਵਿਰੋਧ ਜਾਰੀ ਰਹੇਗਾ।
ਕਿਸਾਨ ਉਸ ਸਮੇਂ ਪੂਰੇ ਜੋਸ਼ ਵਿੱਚ ਆ ਗਿਆ ਜਦੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਤਿੱਖੇ ਵਾਰ ਕਰਨ ਵਾਲੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਸਮਾਗਮ ਵਾਲੀ ਥਾਂ ਉੱਤੇ ਪਹੁੰਚੇ। ਪਰਨੀਤ ਕੌਰ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਟਿੰਗ ਤੋਂ ਅੱਗੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਪੈਦਲ ਚੱਲ ਕੇ ਪੈਲੇਸ ਵਿੱਚ ਪਹੁੰਚੇ ਜਦੋਂ ਕਿ ਹਰਜੀਤ ਸਿੰਘ ਗਰੇਵਾਲ ਕਾਲੇ ਸ਼ੀਸ਼ਿਆਂ ਵਾਲੀ ਗੱਡੀ ਨੂੰ ਬਿਨਾਂ ਰੋਕ ਕੇ ਭਾਜਪਾ ਦੇ ਪੰਡਾਲ ਵਿੱਚ ਪੁੱਜੇ।
ਭਾਜਪਾ ਉਮੀਦਵਾਰ ਪਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਕਿਸਾਨ ਆਪਣੀ ਗੱਲ ਕਹਿ ਰਹੇ ਹਨ ਅਤੇ ਉਹ ਆਪਣੀ ਗੱਲ ਕਹਿਣ ਲਈ ਲੋਕਾਂ ਵਿੱਚ ਆਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਿਸਾਨਾਂ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਸਮੇਂ ਸਮੇਂ ਉੱਤੇ ਕਿਸਾਨਾਂ ਦੀ ਆਵਾਜ਼ ਉਠਾਉਂਦੇ ਰਹੇ ਹਨ ਤੇ ਅੱਗੇ ਤੋਂ ਵੀ ਅਜਿਹਾ ਕਰਦੇ ਰਹਿਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਖਨੌਰੀ ਬਾਰਡਰ ਉੱਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੌਰਾਨ ਜ਼ਖ਼ਮੀ ਹੋਏ ਇਕੱਲੇ-ਇਕੱਲੇ ਕਿਸਾਨ ਦੇ ਘਰ ਜਾ ਕੇ ਉਨ੍ਹਾਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਭਾਜਪਾ ਹਾਈ ਕਮਾਂਡ ਤੱਕ ਕਿਸਾਨਾਂ ਦੀ ਗੱਲ ਪਹੁੰਚਾਉਣ ਦੇ ਨਾਲ ਨਾਲ ਦਿੱਲੀ ਜੰਮੂ-ਕੱਟੜਾ ਐਕਸਪ੍ਰੈਸ ਵੇ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਇਆ ਹੈ।
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਡਰ ਬੇਸਡ ਪਾਰਟੀ ਹੈ ਤੇ ਇਸ ਦੇ ਵਰਕਰ ਪਾਰਟੀ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਾਜਪਾ ਦਾ ਵਿਰੋਧ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਅਕਾਲੀ ਦਲ ਰਲ ਕੇ ਕਰਵਾ ਰਿਹਾ ਹੈ। ਮੋਗਾ ਦੇ ਵਿਧਾਇਕ ਹਰ ਕਮਲ ਨੇ ਸਮਾਗਮ ਨੂੰ ਸੰਬੋਧਨ ਦੌਰਾਨ ਪਰਨੀਤ ਕੌਰ ਦੀਆਂ ਤਰੀਫਾਂ ਦੇ ਪੁੱਲ ਬੰਨ੍ਹੇ।
ਇਹ ਵੀ ਪੜ੍ਹੋ : Farmers Protest Updates: ਕਿਸਾਨ ਹੁਣ ਅੰਦੋਲਨ ਤੇਜ਼ ਕਰਨ ਦੀ ਤਿਆਰੀ 'ਚ! ਅੱਜ ਦੇਸ਼ ਭਰ 'ਚ ਫੂਕੇ ਜਾਣਗੇ ਸਰਕਾਰ ਦੇ ਪੁਤਲੇ