ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਗਸਤ 2022
Advertisement
Article Detail0/zeephh/zeephh1319904

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਗਸਤ 2022

ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ 

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਗਸਤ 2022

ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

 

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ ਪ੍ਰਭੂ-ਪਤੀ ਨੂੰ ਲੱਭ ਲਿਆ ਤੇ ਗੁਰੂ ਦੇ ਸ਼ਬਦ ਨਾਲ ਲੀਨ ਹੋ ਗਈ। ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤ ਟਿਕੀ ਰਹਿੰਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ ॥੧॥ ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਮੋਈ ਹੋਈ ਜਿੰਦੇ! ਜੋ ਗੁਰੂ ਦੇ ਸਨਮੁੱਖ ਹੋ ਕੇ ਪ੍ਰਭੂ-ਪੱਤੀ ਦਾ ਸਿਮਰਨ ਕਰਦਾ ਹੈ ਉਸ ਨੂੰ ਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ। ਪਿਆਰਾ ਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ, ਤੂੰ ਉਸ ਨੂੰ ਹਾਜ਼ਰ ਨਾਜ਼ਰ ਦੇਖ ਤੇ ਸਮਝ ਕਿ ਹਰ ਯੁਗ ਵਿੱਚ ਇਕੋ ਹੀ ਪ੍ਰਭੂ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਭੋਲੇ ਸੁਭਾਵ ਵਾਲੀ ਬਣ ਕੇ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਤੀ ਨੂੰ ਯਾਦ ਕਰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਜਿਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ ॥੨॥

 

WATCH LIVE TV 

Trending news