Trending Photos
Jathedar Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ਉਤੇ ਸੁਰੱਖਿਆ ਸੇਵਾਵਾਂ 'ਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ਉਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਉਤੇ ਹਮਲਾ ਕਰਾਰ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਸਦੀਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵੱਲੋਂ ਕਕਾਰ ਵਜੋਂ ਦਿੱਤੀ ਗਈ ਹੈ, ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ।
ਇਸ ਕਰਕੇ ਭਾਰਤ ਦੇ ਹਵਾਈ ਅੱਡਿਆਂ ਉਤੇ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕਿਆ ਜਾਣਾ, ਜਿੱਥੇ ਅਸਿੱਧੇ ਤੌਰ ਉਤੇ ਸਿੱਖਾਂ ਨੂੰ ਦੇਸ਼ ਦੀਆਂ ਵੱਖ-ਵੱਖ ਸੇਵਾਵਾਂ ਤੋਂ ਵਾਂਝੇ ਕਰਨ ਤੁਲ ਹੈ, ਉੱਥੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਉਤੇ ਸਿੱਧਾ ਤੇ ਅਸਹਿਣਯੋਗ ਹਮਲਾ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਤੇ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਇਸ ਅਨਿਆਂਕਾਰੀ ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਤੇ ਜਲਦ ਹੀ ਭਾਰਤ ਸਰਕਾਰ ਦੇ ਨਾਲ ਇਸ ਸਬੰਧੀ ਗੱਲਬਾਤ ਕਰਕੇ ਹਵਾਈ ਅੱਡਿਆਂ ਉਤੇ ਨੌਕਰੀ ਕਰਦੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਦਾ ਅਧਿਕਾਰ ਦਿਵਾਉਣ ਸਬੰਧੀ ਇੱਕ ਉੱਚ ਪੱਧਰੀ ਵਫਦ ਬਣਾ ਕੇ ਭੇਜਿਆ ਜਾਵੇ।
ਇਹ ਹੁਕਮ 30 ਅਕਤੂਬਰ ਨੂੰ ਜਾਰੀ ਕੀਤਾ ਸੀ
30 ਅਕਤੂਬਰ ਨੂੰ ਬਿਊਰੋ ਆਫ਼ ਸਿਵਲ ਏਵੀਏਸ਼ਨ (ਬੀਸੀਏਐਸ) ਨੇ ਭਾਰਤੀ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਨਾ ਪਹਿਨਣ ਲਈ ਹੁਕਮ ਜਾਰੀ ਕੀਤੇ ਸਨ। ਬੀਸੀਏਐਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ ਉਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ।
ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ ਸੀ। ਬੀਸੀਏਐਸ ਦੀ ਤਰਫੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕੋਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।