Punjab Lok sabha election 2024: ਰਵਨੀਤ ਬਿੱਟੂ ਦੇ ਪੰਜਾਬ 'ਚ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸੀ ਆਗੂਆਂ ਨੂੰ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਸਾਬਤ ਕਰਨੀ ਪਵੇਗੀ।
Trending Photos
Punjab Lok Sabha election 2024: ਲੋਕ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਪਾਰਟੀ ਛੱਡ ਰਹੇ ਹਨ। ਇਸ ਦੇ ਨਾਲ ਹੀ ਹੋਰ ਸੰਸਦ ਮੈਂਬਰ ਵੀ ਸ਼ੱਕ ਦੇ ਘੇਰੇ 'ਚ ਆ ਰਹੇ ਹਨ ਜਿਸ ਕਾਰਨ ਸੰਸਦ ਮੈਂਬਰਾਂ ਨੂੰ ਅੱਗੇ ਆ ਕੇ ਐਲਾਨ ਕਰਨਾ ਪਿਆ ਕਿ ਉਹ ਕਾਂਗਰਸ ਦੇ ਵਫ਼ਾਦਾਰ ਹਨ ਅਤੇ ਪਾਰਟੀ ਦੇ ਨਾਲ ਹਨ।
ਕਿਆਸ-ਅਰਾਈਆਂ ਦਾ ਦੌਰ ਸ਼ੁਰੂ
ਹੁਣ ਚੋਣਾਂ ਦੇ ਐਲਾਨ ਤੋਂ ਬਾਅਦ ਤੋਂ ਹੀ ਪਾਰਟੀ ਬਦਲਣ ਲਈ ਸਿਆਸਤਦਾਨਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਹਾਲ ਹੀ ਵਿੱਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮਗਰੋਂ ਪੰਜਾਬ ਦੀ ਸਿਆਸਤ ਬਾਰੇ ਕਈ ਤਰ੍ਹਾਂ ਦੀਆਂ ਕਿਆਸ-ਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ।
ਰਵਨੀਤ ਸਿੰਘ ਬਿੱਟੂ ਦਾ ਜਾਣੋ ਸਿਆਸੀ ਸਫਰ (Ravneet Singh Bittu)
ਰਵਨੀਤ ਸਿੰਘ ਦੇ ਹੁਣ ਤੱਕ ਦੇ ਸਿਆਸੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਤਿੰਨ ਵਾਰ ਐਮ.ਪੀ. ਉਹ 2014 ਅਤੇ 2019 ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਜਦਕਿ 2009 ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਸੀ ਅਤੇ ਉਹ ਜਿੱਤ ਗਏ ਸਨ।ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਉਹ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਕੋਟਲੀ ਦੇ ਵਸਨੀਕ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਹਨ।
ਤਿੰਨ ਵਾਰ ਦੇ ਸੰਸਦ ਮੈਂਬਰ ਹਨ
ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ਉੱਪਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਰਵਨੀਤ ਸਿੰਘ ਬਿੱਟੂ ਗਾਂਧੀ ਪਰਿਵਾਰ ਦੇ ਨੇੜਲੇ ਆਗੂਆਂ ਵਿੱਚੋਂ ਜਾਣੇ ਜਾਂਦੇ ਹਨ। ਸਿਆਸੀ ਹਲਕਿਆਂ ਵਿੱਚ ਇਹ ਗੱਲ ਪੁਖਤਾ ਤੌਰ 'ਤੇ ਕਹੀ ਜਾਂਦੀ ਰਹੀ ਹੈ ਕਿ ਰਵਨੀਤ ਸਿੰਘ ਬਿੱਟੂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਵਿਸ਼ੇਸ਼ ਟੀਮ ਦੇ ਮੈਂਬਰ ਸਨ।
ਇਹ ਵੀ ਪੜ੍ਹੋ: Ravneet Singh Bittu: ਕੌਣ ਹਨ ਰਵਨੀਤ ਸਿੰਘ ਬਿੱਟੂ, ਜਿਨ੍ਹਾਂ ਨੇ ਭਾਜਪਾ ਵੱਲੋਂ ਲੁਧਿਆਣਾ ਤੋਂ ਚੋਣ ਲੜਨ ਦਾ ਦਾਅਵਾ ਠੋਕਿਆ!
ਕਾਂਗਰਸ ਦਾ ਅੰਦਰੂਨੀ ਕਾਟੋ ਕਲੇਸ਼
ਦਰਅਸਲ ਬੀਤੇ ਸਮੇਂ ਤੋਂ ਕਾਂਗਰਸ ਦਾ ਅੰਦਰੂਨੀ ਕਾਟੋ ਕਲੇਸ਼ ਲਗਾਤਾਰ ਸੁਰਖੀਆਂ ਵਿੱਚ ਰਿਹਾ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਵਿਧਾਨ ਸਭਾ ਚੋਣਾਂ 2022 ਦੀ ਤਾਂ ਉਸ ਸਮੇਂ ਤੋਂ ਕਾਂਗਰਸ ਦਾ ਇਹ ਕਲੇਸ਼ ਸਿਖਰਾਂ ਉੱਤੇ ਸੀ। ਲੋਕ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਐਨ ਮੌਕੇ ਉੱਪਰ ਆਈਪੀਐੱਲ ਕ੍ਰਿਕਟ ਮੈਚਾਂ ਲਈ ਕਮੈਂਟਰੀ ਕਰਨ ਲਈ ਚਲੇ ਗਏ ਹਨ। ਸਿਆਸੀ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਨਵਜੋਤ ਸਿੰਘ ਸਿੱਧੂ ਸਾਲ 1999 ਵਿਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਮਗਰੋਂ ਉਹ ਸਾਲ 2004 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਭਾਜਪਾ ਦੀ ਟਿਕਟ 'ਤੇ ਉਹ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ ਅਤੇ ਇਹ ਸਿਲਸਿਲਾ ਸਾਲ 2014 ਤੱਕ ਨਿਰੰਤਰ ਜਾਰੀ ਰਿਹਾ। ਸਾਲ 2017 ਵਿੱਚ ਉਹ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
ਕਾਂਗਰਸ ਛੱਡ ਕੇ BJP ਵਿੱਚ ਸ਼ਾਮਲ ਹੋਏ ਹਨ ਇਹ ਆਗੂ
ਪੰਜਾਬ ਦੀ ਸਿਆਸਤ ਵਿੱਚ ਰਵਨੀਤ ਸਿੰਘ ਬਿੱਟੂ ਅਜਿਹੇ ਇਕੱਲੇ ਸੀਨੀਅਰ ਕਾਂਗਰਸੀ ਆਗੂ ਨਹੀਂ ਹਨ ਜਿਨਾਂ ਨੇ ਕਾਂਗਰਸ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਹੈ, ਪੰਜਾਬ ਵਿੱਚ ਬਹੁਤ ਸਾਰੇ ਵੱਡੇ ਲੀਡਰ ਵੀ ਹਨ ਜਿਹਨਾਂ ਨੇ ਭਾਜਪਾ ਦਾ ਪੱਲਾ ਫੜਿਆ ਹੈ।
ਕਾਂਗਰਸੀਆਂ ਦੇ ਭਾਜਪਾ ਵਿੱਚ ਜਾਣ ਦੇ ਮਾਅਨੇ: ਇਸ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹ ਜੰਗ ਸਿੰਘ ਬਾਜਵਾ, ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ, ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਲੜ ਫੜ ਲਿਆ ਸੀ।
ਕੈਪਟਨ ਅਮਰਿੰਦਰ ਸਿੰਘ
ਸਭ ਤੋਂ ਵੱਡਾ ਝਟਕ ਉਦੋਂ ਲੱਗਿਆ ਸੀ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਹਨ। ਸੂਬੇ ਦੇ ਮੁੱਖ ਮੰਤਰੀ ਵਜੋਂ ਕਾਂਗਰਸ ਪਾਰਟੀ ਨੇ ਸਤੰਬਰ 2021 ਵਿਚ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਸੀ। ਉਹ ਆਪਣੇ ਦੂਜੇ ਕਾਰਜ ਕਾਲ ਦੇ ਪੰਜ ਸਾਲ ਪੂਰੇ ਨਹੀਂ ਕਰ ਸਕੇ ਸਨ। ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦਾ ਸਬੰਧ ਪਟਿਆਲਾ ਦੇ ਸ਼ਾਹੀ ਘਰਾਣੇ ਨਾਲ ਹੈ। ਇਸ ਲਈ ਕੁਝ ਲੋਕ ਉਨ੍ਹਾਂ ਨੂੰ 'ਮਹਾਰਾਜਾ' ਅਮਰਿੰਦਰ ਸਿੰਘ ਵੀ ਕਹਿੰਦੇ ਹਨ।
ਮਨਪ੍ਰੀਤ ਸਿੰਘ ਬਾਦਲ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸਾਲ 2011 ਵਿੱਚ ਸਾਬਕਾ ਵਿੱਤ ਮੰਤਰੀ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਪੀਪਲਜ਼ ਪਾਰਟੀ ਆਫ਼ ਪੰਜਾਬ’ ਬਣਾਈ, ਜਿਸ ਨੂੰ ਉਨ੍ਹਾਂ 2017 ਵਿੱਚ ਕਾਂਗਰਸ ਵਿੱਚ ਰਲਾਇਆ। ਉਨ੍ਹਾਂ ਕਾਂਗਰਸ ਦੀ ਟਿਕਟ ਤੋਂ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਠਿੰਡਾ (ਸ਼ਹਿਰੀ) ਤੋਂ ਚੋਣ ਲੜੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਦਰਜ ਕਰਵਾਈ। ਫਿਰ ਇਹ ਕਾਂਗਰਸ ਵੱਲੋਂ ਵਿੱਤ ਮੰਤਰੀ ਵੀ ਰਿਹਾ ਹੈ।
ਸੁਨੀਲ ਜਾਖੜ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਦੱਸ ਦਈਏ ਕਿ ਸਿਆਸੀ ਸਫ਼ਰ- ਹਿੰਦੂ ਜਾਟ ਪਰਿਵਾਰ ਨਾਲ ਸਬੰਧਤ ਸੁਨੀਲ ਜਾਖੜ ਨੇ ਆਪਣੀ ਜ਼ਿੰਦਗੀ ਦੀ ਪਹਿਲੀ ਚੋਣ 1996 ਵਿੱਚ ਫ਼ਿਰੋਜ਼ਪੁਰ ਵਿਧਾਨ ਸਭਾ ਹਲਕੇ ਤੋਂ ਲੜੀ ਸੀ ਅਤੇ ਹਾਰ ਗਏ ਸਨ। 6 ਸਾਲਾਂ ਦੇ ਵਕਫ਼ੇ ਤੋਂ ਬਾਅਦ ਉਨ੍ਹਾਂ 2002 ਵਿੱਚ ਚੋਣ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਹਲਕੇ ਤੋਂ ਲੜੀ ਸੀ। ਉਹ ਲਗਾਤਾਰ 2002 ਤੋਂ 2012 ਤੱਕ ਅਬੋਹਰ ਦੇ ਤਿੰਨ ਵਾਰ ਵਿਧਾਇਕ ਰਹੇ।
ਪ੍ਰਨੀਤ ਕੌਰ
ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਨਵੀਂ ਦਿੱਲੀ ਵਿਖੇ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪ੍ਰਨੀਤ ਕੌਰ ਨੇ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ 1999 ਵਿੱਚ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ 'ਤੇ ਕੀਤੀ ਸੀ। ਉਹਨਾਂ ਨੇ 2019 ਤੱਕ ਪੰਜ ਲੋਕ ਸਭਾ ਚੋਣਾਂ ਲੜੀਆਂ ਹਨ ਤੇ ਉਹ ਪਟਿਆਲਾ ਤੋਂ ਚਾਰ ਵਾਰ ਜਿੱਤੀ ਪ੍ਰਾਪਤ ਕੀਤੀ। ਉਹਨਾਂ ਨੇ ਕਾਂਗਰਸ ਸਰਕਾਰ ਵਿੱਚ ਵਿਦੇਸ਼ ਰਾਜ ਮੰਤਰੀ ਵਜੋਂ ਵੀ ਕੰਮ ਕੀਤਾ ਸੀ।
ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ
ਪੰਜਾਬ ਵਿੱਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ।
ਲੋਕ ਸਭਾ ਚੋਣਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖੋ-ਵੱਖਰੇ ਤੌਰ 'ਤੇ ਲੜਨਗੇ
ਹੁਣ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖੋ-ਵੱਖਰੇ ਤੌਰ 'ਤੇ ਲੜਨਗੇ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਇਸ ਗੱਲ ਦੀ ਪੁਸ਼ਟੀ ਕਰ ਚੁੱਕੇ ਹਨ।