Sri Guru Ramdas Ji Prakash Purab 2022: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
Trending Photos
ਚੰਡੀਗੜ੍ਹ- Nagar Kirtan ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼ਮੂਲੀਅਤ ਕੀਤੀ। ਸੰਗਤਾਂ ਨੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਬਾਰਾਂ ਪੁਰਾਤਨ ਅਤੇ ਇਤਿਹਾਸਕ ਦਰਵਾਜ਼ਿਆਂ ਦੇ ਬਾਹਰੋਂ ਰਿੰਗ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਨਗਰ ਕੀਰਤਨ ਦੇ ਰਸਤਿਆਂ ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਨਗਰ ਕੀਰਤਨ ਲਈ ਪ੍ਰਸ਼ਾਸਨ ਵੱਲੋਂ ਢੁਕਵੇਂ ਪੁਲਿਸ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਤਾਂ ਜੋ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖਰਾਬ ਨਾ ਕੀਤਾ ਜਾ ਸਕੇ।
ਦੱਸਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 11 ਅਕਤੂਬਰ ਨੂੰ ਦੁਨੀਆਂ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਵੀ ਸ਼ਰਧਾ ਤੇ ਭਾਵਨਾ ਨਾਲ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਤੇ ਸ੍ਰੀ ਦਰਬਾਰ ਸਾਹਿਬ ਨੂੰ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਸਜਾਵਟ ਦਾ ਅਲੌਕਿਕ ਨਜ਼ਾਰਾ ਦੇਖਣ ਵਾਲਾ ਹੁੰਦਾ ਹੈ। ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸੰਗਤਾ ਇਸ ਦਿਨ ਨਤਮਸਤਕ ਹੁੰਦੀਆਂ ਹਨ। ਪ੍ਰਕਾਸ਼ ਪੁਰਬ ਵਾਲੇ ਦਿਨ ਰਾਤ ਨੂੰ ਦੀਪ ਮਾਲਾ ਦੇ ਨਾਲ ਆਤਸ਼ਬਾਜੀ ਵੀ ਕੀਤੀ ਜਾਵੇਗੀ।
WATCH LIVE TV