Banur News: ਅਨਾਜ ਮੰਡੀ ਬਨੂੜ ਵਿੱਚ ਝੋਨੇ ਦੀ ਫਸਲ ਦੀ ਵਿਕਰੀ ਤੇ ਲੋਡਿੰਗ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।
Trending Photos
Banur News: ਅਨਾਜ ਮੰਡੀ ਬਨੂੜ ਵਿੱਚ ਝੋਨੇ ਦੀ ਫਸਲ ਦੀ ਵਿਕਰੀ ਤੇ ਲੋਡਿੰਗ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਤਹਿਸੀਲਾਦਰ ਬਨੂੜ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਫਸਲ ਦੀ ਲੋਡਿੰਗ ਸ਼ੁਰੂ ਨਾ ਕਰਵਾਈ ਗਈ ਤਾਂ ਸੰਘਰਸ਼ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕਿਸਾਨ ਮੰਡੀਆਂ ਵਿੱਚ ਪਰੇਸ਼ਾਨ ਹੋ ਰਿਹਾ ਹੈ। ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਰੁਲ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਆੜ੍ਹਤੀ ਅਨਾਜ ਮੰਡੀ ਨੂੰ ਫੇਲ੍ਹ ਕਰਨਾ ਚਾਹੁੰਦੇ ਹਨ। ਜਦਕਿ ਖਰਚੇ ਜ਼ਿਆਦਾ ਹੋਣ ਕਾਰਨ ਕਿਸਾਨ ਆਪਣੀ ਫਸਲ ਵੇਚਣ ਲਈ ਹਰਿਆਣਾ ਨਹੀਂ ਜਾ ਸਕਦੇ। ਫਸਲਾਂ ਦੀ ਵਿਕਰੀ ਦੌਰਾਨ ਭਾਰੀ ਕਟੌਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਦਾਣਾ ਮੰਡੀਆਂ ਵਿੱਚ ਸਭ ਕੁਝ ਠੀਕ-ਠਾਕ ਹੈ ਪਰ ਅਸਲੀਅਤ ਇਹ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਨਾ ਵਿਕਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਥਾਨਕ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਮੰਡੀ ਵਿੱਚ ਫ਼ਸਲ ਦੀ ਵਿਕਰੀ ਤੇ ਲੋਡਿੰਗ ਸ਼ੁਰੂ ਨਾ ਕੀਤੀ ਗਈ ਤਾਂ ਉਹ ਵੱਡਾ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਕਾਬਿਲੇਗੌਰ ਹੈ ਕਿ ਦੂਜੇ ਪਾਸੇ ਮਾਲੇਰਕੋਟਲਾ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਕਾਰਪੋਰੇਟ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਵਿਧਾਇਕਾਂ ਦੇ ਦਫ਼ਤਰ ਅੱਗੇ 12 ਦਿਨ ਵਿੱਚ ਪੱਕਾ ਮੋਰਚਾ ਸ਼ਾਮਲ ਹੋਇਆ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਉਗਰਾਹਾਂ ਨੇ ਕੇਂਦਰੀ ਤੇ ਪੰਜਾਬ ਦੇ ਮੰਤਰੀਆਂ ਵੱਲੋਂ ਵਾਰ-ਵਾਰ ਝੋਨੇ ਦਾ ਦਾਣਾ ਦਾਣਾ ਖ਼ਰੀਦਣ ਬਾਰੇ ਦਾਗੇ ਜਾ ਰਹੇ ਬਿਆਨਾਂ ਨੂੰ ਸਰਾਸਰ ਥੋਥੇ ਕਰਾਰ ਦਿੱਤਾ ਹੈ। ਅੱਜ ਪੰਜਾਬ ਦੀਆਂ 37 ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰਾਂ ਦੇ ਘਿਰਾਓ ਦੇ ਸੱਦੇ ਨਾਲ ਸਾਂਝੇ ਰੂਪ ਵਿੱਚ ਮਾਲੇਰਕੋਟਲਾ ਵਿੱਚ ਮੋਦੀ/ਕਾਰਪੋਰੇਟਾਂ ਦਾ ਜ਼ਿਲ੍ਹਾ ਪੱਧਰੀ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ।