Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਦਾ ਦੇਖਣ ਨੂੰ ਮਿਲ ਰਿਹਾ ਹੈ। ਚੰਡੀਗੜ੍ਹ ਦੇ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।
Trending Photos
Punjab Weather News: ਪਹਾੜੀ ਖੇਤਰਾਂ 'ਚ ਲਗਾਤਾਰ ਪੈ ਰਹੀ ਬਰਫ਼ਵਾਰੀ ਦਾ ਉਤਰ ਭਾਰਤ 'ਚ ਮੌਸਮ 'ਤੇ ਅਸਰ ਪੈਂਦਾ ਵਿਖਾਈ ਦੇ ਰਿਹਾ ਹੈ। ਪੰਜਾਬ-ਚੰਡੀਗੜ੍ਹ 'ਚ ਮੀਂਹ ਤੋਂ ਬਾਅਦ ਔਸਤ ਤਾਪਮਾਨ 'ਚ 7.2 ਡਿਗਰੀ ਦੀ ਗਿਰਾਵਟ ਹੋਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ।
ਧੁੰਦ ਦਾ ਅਲਰਟ ਜਾਰੀ
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 8.8 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਬਰਨਾਲਾ 'ਚ 19 ਮਿਲੀਮੀਟਰ, ਅੰਮ੍ਰਿਤਸਰ 'ਚ 10 ਮਿਲੀਮੀਟਰ, ਲੁਧਿਆਣਾ 'ਚ 1.4, ਪਟਿਆਲਾ 'ਚ 5, ਪਠਾਨਕੋਟ 'ਚ 4, ਬਠਿੰਡਾ 'ਚ 12, ਮੋਗਾ 'ਚ 10.5 ਅਤੇ ਮੋਹਾਲੀ 'ਚ 7.5 ਮਿਲੀਮੀਟਰ ਬਾਰਿਸ਼ ਹੋਈ ਹੈ।
ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਪੱਛਮੀ ਗੜਬੜੀ ਅਜੇ ਵੀ ਸਰਗਰਮ ਹੈ। ਹੁਣ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਪਰ, ਪਹਾੜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਆਵੇਗੀ। ਐਤਵਾਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਸ ਮੌਸਮ 'ਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਮੌਸਮ ਵਿਭਾਗ ਦੇ ਅਨੁਸਾਰ, ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ, ਰੁੱਖਾਂ ਦੇ ਨੇੜੇ ਨਾ ਜਾਓ ਅਤੇ ਨਾ ਹੀ ਉਨ੍ਹਾਂ ਦੇ ਹੇਠਾਂ ਪਨਾਹ ਲਓ। ਜਿੰਨਾ ਹੋ ਸਕੇ ਬਾਹਰ ਜਾਣਾ ਟਾਲ ਦਿਓ। ਛੱਪੜਾਂ ਅਤੇ ਝੀਲਾਂ ਆਦਿ ਦੇ ਨੇੜੇ ਜਾਣ ਤੋਂ ਬਚੋ।