Punjab News:ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਕਾਰਜਕਾਰੀ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।
ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਪੰਜ ਤਾਰਾ ਹੋਟਲ ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨ੍ਹਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨ੍ਹਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨ੍ਹਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨ੍ਹਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਕਾਰਜਕਾਰੀ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ:Punjab News: ਜੱਗੂ-ਅੰਮ੍ਰਿਤ ਗੈਂਗ ਦਾ ਗੁਰਗਾ ਅਜੈ ਹਥਿਆਰਾਂ ਸਮੇਤ ਕਾਬੂ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ।