Punjab News: ਐਡਵੋਕੇਟ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤ
Trending Photos
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ। ਉਨ੍ਹਾਂ ਕਿਹਾ ਕਿ ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜੋਈ ਲਈ ਸਹਾਇਤਾ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿਚ ਮਾਨਵ ਵਿਰੋਧੀ ਕਰੂਰਕਾਰੇ ਵਜੋਂ ਅੰਕਤ ਹੈ, ਜਿਸ ਦੇ ਪੀੜਤਾਂ ਨੂੰ ਇਨਸਾਫ਼ ਲਈ ਲੰਮਾਂ ਸੰਘਰਸ਼ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।