Punjab Roadways News: ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰ ਉਨ੍ਹਾਂ ਦੀਆਂ ਮੰਗਾਂ ਸੁਣੀਆਂ।
Trending Photos
Punjab Roadways News: ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਭਰੋਸਾ ਦਿੱਤਾ ਹੈ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।
ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ।
ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: Swachh Survekshan Awards 2023: ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਉੱਤਰੀ ਭਾਰਤ ਦਾ "ਸਵੱਛ ਸ਼ਹਿਰ" ਪੁਰਸਕਾਰ ਜਿੱਤਿਆ