Punjab Police CASO news: ਪੁਲਿਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਅਤੇ ਅਸਲਾ ਪ੍ਰਾਪਤ ਕਰਨ ਬਾਰੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ।
Trending Photos
Lakhbir Singh Landa News: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਦੇ ਤਹਿਤ ਛਾਪੇਮਾਰੀ ਕੀਤੀ ਗਈ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਮੁਤਾਬਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਸਾਰੇ ਰਿਹਾਇਸ਼ੀ ਅਤੇ ਹੋਰ ਅਹਾਤਿਆਂ 'ਤੇ ਵੀ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਲਖਬੀਰ ਲੰਡਾ ਦੇ ਘੱਟੋ-ਘੱਟ 297 ਨੇੜਲੇ ਸਾਥੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਪੁਲਿਸ ਕਮਿਸ਼ਨਰ ਤੇ ਐਸਐਸਪੀ ਨੂੰ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਇੱਕ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਇੰਨਾ ਹੀ ਨਹੀਂ ਸਗੋਂ ਪੁਲਿਸ ਦੀਆਂ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਫੜਨ ਦੇ ਵੀ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸੇ ਨਿਰਦੇਸ਼ ਦੇ ਤਹਿਤ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਘੱਟੋ-ਘੱਟ 1200 ਪੁਲਿਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਸੂਬੇ ਭਰ ਵਿੱਚ ਛਾਪੇ ਮਾਰੇ ਗਏ। ਉਨ੍ਹਾਂ ਅੱਗੇ ਦੱਸਿਆ ਕਿ CASO ਦੀ ਯੋਜਨਾ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਸੀ।
ਸਪੈਸ਼ਲ ਡੀਜੀਪੀ ਨੇ ਇਹ ਵੀ ਕਿਹਾ, ਇਸ ਆਪਰੇਸ਼ਨ ਦੇ ਤਹਿਤ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਪੁਲਿਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਅਤੇ ਅਸਲਾ ਪ੍ਰਾਪਤ ਕਰਨ ਬਾਰੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸਦੇ ਨਾਲ ਹੀ ਹੋਰ ਜਾਂਚ ਲਈ ਵਿਦੇਸ਼ੀ ਆਧਾਰਿਤ ਪਰਿਵਾਰਕ ਮੈਂਬਰਾਂ ਦੇ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।