Punjab Stubble Burning: ਪਰਾਲੀ ਸਾੜਨ ‘ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ।
Trending Photos
Punjab Stubble Burning: ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ (Spl DGP) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਨੇ ਕਿਹਾ ਕਿ ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ 'ਤੇ ਲਿਆਉਣ ਲਈ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।
ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਦੇ ਆਧਾਰ 'ਤੇ ਨਿੱਜੀ ਤੌਰ 'ਤੇ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਚਓਜ਼) ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਦੇ ਨਾਲ ਪੁਲਿਸ ਟੀਮਾਂ ਜ਼ਮੀਨੀ ਪੱਧਰ 'ਤੇ ਅਣਥੱਕ ਯਤਨ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਡੀਸੀ/ਐਸਐਸਪੀਜ਼ ਅਤੇ ਐਸਡੀਐਮਜ਼/ਡੀਐਸਪੀਜ਼ ਵੱਲੋਂ ਪਰਾਲੀ ਸਾੜਨ ਵਾਲੇ ਸਥਾਨਾਂ ਵਜੋਂ ਪਛਾਣੇ ਗਏ ਪਿੰਡਾਂ ਦੇ ਸਾਂਝੇ ਦੌਰੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੱਖ-ਵੱਖ ਕਿਸਾਨ/ਕਿਸਾਨ ਯੂਨੀਅਨਾਂ ਨਾਲ ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਪਿਛਲੇ ਕੁਝ ਦਿਨਾਂ ਵਿੱਚ ਡੀਸੀ/ਐਸਐਸਪੀਜ਼ ਵੱਲੋਂ 522 ਸਾਂਝੇ ਦੌਰੇ ਕੀਤੇ ਗਏ ਅਤੇ ਐਸਡੀਐਮਜ਼/ਡੀਐਸਪੀਜ਼ ਵੱਲੋਂ 981 ਸਾਂਝੇ ਦੌਰੇ ਕੀਤੇ ਗਏ, ਜਿਸ ਦੌਰਾਨ ਉਨ੍ਹਾਂ ਨੇ 2504 ਜਨਤਕ ਜਾਗਰੂਕਤਾ ਮੀਟਿੰਗਾਂ ਕੀਤੀਆਂ, ਜਦਕਿ ਕਿਸਾਨ/ਕਿਸਾਨ ਯੂਨੀਅਨਾਂ ਨਾਲ 2457 ਮੀਟਿੰਗਾਂ ਕੀਤੀਆਂ। ਐਸਪੀਐਲ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟਾਂ ਰਾਹੀਂ 1393 ਖੇਤਾਂ ਵਿੱਚ ਅੱਗ ਲੱਗਣ ਦਾ ਪਤਾ ਲਗਾਇਆ ਗਿਆ ਹੈ ਅਤੇ ਸਾਂਝੀਆਂ ਟੀਮਾਂ ਨੂੰ ਮੌਕੇ 'ਤੇ ਜਾਂਚ ਲਈ ਭੇਜਿਆ ਗਿਆ ਹੈ, ਜਦਕਿ ਪੁਲਿਸ ਟੀਮਾਂ ਨੇ 874 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ਉਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।
ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀਡੀਆਰ) ਸਬੰਧਤ ਪੁਲਿਸ ਸਟੇਸ਼ਨਾਂ ਵਿੱਚ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਕਰਨ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 397 ਕੇਸਾਂ ਵਿੱਚ 10.55 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।
ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਣ ਵਿਗੜੇਗਾ ਬਲਕਿ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪਵੇਗਾ। ਇਸ ਦੌਰਾਨ, ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ 'ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ, ਜਦਕਿ, ਉੱਡਣ ਦਸਤੇ ਵੀ ਪਰਾਲੀ ਸਾੜਨ 'ਤੇ ਚੌਕਸੀ ਰੱਖ ਰਹੇ ਹਨ।