ਪੰਜਾਬ ਵਿੱਚ ਨਵੀਂ ਬਣੀ ਐਕਸਾਈਜ਼ ਪਾਲਿਸੀ ਤੇ ਸੂਬੇ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਉੱਚ ਪੱਧਰੀ ਜਾਂਚ ਕਰਵਾਉਣ ਦੀ ਕੀਤੀ ਮੰਗ।
Trending Photos
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਹੁੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਅਤੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਰਾਜਪਾਲ ਤੋਂ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ।
ਨਜਾਇਜ਼ ਮਾਈਨਿੰਗ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੱਡੇ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਝੂਠ ਬੋਲਿਆ ਹੈ ਸਰਕਾਰ ਦੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ‘ਚ ਮਾਈਨਿੰਗ ਬਿਲਕੁਲ ਬੰਦ ਹੈ। ਪਰ ਇਸ ਦੇ ਉੱਲਟ ਪੰਜਾਬ ਵਿੱਚ ਧੜੱਲੇ ਨਾਲ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਸਾਰੇ ਦੇਸ਼ ਵਿੱਚ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਾਨਸੂਨ ਪੀਰੀਅਡ (ਜੁਲਾਈ ਤੋਂ ਸਤੰਬਰ) ਵਿੱਚ ਮਾਈਨਿੰਗ ਨਹੀਂ ਹੋ ਸਕਦੀ। ਪਰ ਇਸ ਦੇ ਬਾਵਜੂਦ ਸਰਕਾਰ ਦੀਆਂ ਅੱਖਾਂ ਸਾਹਮਣੇ ਸ਼ਰੇਆਮ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਰਾਜਪਾਲ ਤੋਂ ਸੂਬੇ ‘ਚ ਹੋ ਰਹੀ ਨਜਾਇਜ਼ ਮਾਈਨਿੰਗ ਦੀ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।
ਨਵੀਂ ਐਕਸਾਈਜ਼ ਪਾਲਿਸੀ
ਦੂਜੇ ਪਾਸੇ ਪੰਜਾਬ ਵਿੱਚ ਬਣੀ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਵੀ ਬਾਜਵਾ ਨੇ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ ‘ਤੇ ਹੀ ਪੰਜਾਬ ਵਿੱਚ ਐਕਸਾਈਜ਼ ਪਾਲਿਸੀ ਬਣੀ ਹੈ। ਜਿਸ ਤਰ੍ਹਾਂ ਦਿੱਲੀ ਵਿੱਚ ਸ਼ਰਾਬ ਦਾ ਘੁਟਾਲਾ ਸਾਹਮਣੇ ਆਇਆ ਉਸੇ ਤਰ੍ਹਾਂ ਹੀ ਪੰਜਾਬ ਵਿੱਚ ਵੀ ਐਕਸਾਈਜ਼ ਨੀਤੀ ਤਹਿਤ ਘੁਟਾਲਾ ਕੀਤਾ ਗਿਆ ਹੈ। ਉਨ੍ਹਾਂ ਰਾਜਪਾਲ ਤੋਂ ਨਵੀਂ ਐਕਸਾਈਜ਼ ਪਾਲਿਸੀ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।
WATCH LIVE TV