Vigilance Bureau Arrest ASI: ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Trending Photos
Vigilance Bureau Arrest ASI/ਕੁਲਬੀਰ ਬੀਰਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ''ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।