Hussainiwala Border: ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Trending Photos
Hussainiwala Border: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ।
ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਨੂੰ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਥਾਵਾਂ ਵਾਹਗਾ, ਹੁਸੈਨੀਵਾਲਾ ਅਤੇ ਸੁਲੇਮਾਨਕੀ ਸਰਹੱਦਾਂ 'ਤੇ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਹਗਾ ਵਿਖੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਇਸ ਦੇ ਮੁਕਾਬਲੇ ਹੁਸੈਨੀਵਾਲਾ ਅਤੇ ਸੁਲੇਮਾਨਕੀ ਵਿਖੇ ਸੈਲਾਨੀਆਂ ਦੀ ਆਮਦ ਘੱਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਕੋਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਵੱਡੀ ਸੰਭਾਵਨਾ ਹੈ, ਇਸ ਲਈ ਇਸ ਸਥਾਨ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਥਾਨ ‘ਤੇ ਇੱਕ ਅਜਾਇਬ ਘਰ ਵੀ ਹੈ ਜਿੱਥੇ ਉਹ ਪਿਸਤੌਲ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਸਦੀ ਵਰਤੋਂ ਮਹਾਨ ਸ਼ਹੀਦ ਨੇ ਸਾਂਡਰਾਸ ਨੂੰ ਮਾਰਨ ਲਈ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਸਥਾਨ ਦੇ ਕਣ ਕਣ ਵਿੱਚ ਦੇਸ਼ ਭਗਤੀ ਸਮੋਈ ਹੈ ਅਤੇ ਇਸ ਪਵਿੱਤਰ ਧਰਤੀ ਨਾਲ ਵੱਧ ਤੋਂ ਵੱਧ ਸੈਲਾਨੀਆਂ ਨੂੰ ਜੋੜਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਵੀ ਸ਼ਲਾਘਾ ਕੀਤੀ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਰਾਬ ਮੌਸਮ ਦੇ ਬਾਵਜੂਦ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਮੋਹਾਲੀ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕ ਅਰਪਣ ਕੀਤਾ ਗਿਆ ਹੈ।